ਸ੍ਰੀ ਪਾਉਂਟਾ ਸਾਹਿਬ ਦੇ ਅਸਥਾਨ ਦੀ ਸੇਵਾ-ਸੰਭਾਲ ਦਾ ਪ੍ਰਬੰਧ ਮਹੰਤਾਂ ਰਾਹੀਂ ਹੁੰਦਾ ਰਿਹਾ, ਜਿਨ੍ਹਾਂ ਨੇ ਲਾਲਚ-ਵੱਸ ਹੋ ਕੇ ਬੇਅੰਤ ਕੁਰੀਤੀਆਂ ਤੇ ਮਨਮੱਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ, ਅਖੀਰ ਇਨ੍ਹਾਂ ਗੁਰਸਿੱਖ ਪਰਿਵਾਰਾਂ ਨੇ ਤਰਨਾ ਦਲ ਹਰੀਆਂ ਵੇਲਾਂ ਦੇ ਜਥੇਦਾਰ ਬਾਬਾ ਹਰਭਜਨ ਸਿੰਘ ਨੂੰ ਪਤਿਤ ਮਹੰਤ ਗੁਰਦਿਆਲ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਹੱਦ ਅੰਦਰ ਕੀਤੇ ਜਾ ਰਹੇ ਕੁਕਰਮਾਂ ਦੀ ਜਾਣਕਾਰੀ ਦਿੱਤੀ। ਜਥੇਦਾਰ ਬਾਬਾ ਹਰਭਜਨ ਸਿੰਘ ਨੇ ਜਥੇਬੰਦੀ ਦੇ ਸਿੰਘਾਂ ਨਾਲ ਗੁਰਮਤਾ ਕਰਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪਵਿੱਤਰਤਾ ਅਤੇ ਮਰਿਆਦਾ ਬਹਾਲ ਕਰਨ ਦੇ ਉਦੇਸ਼ ਨਾਲ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ 101 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਲੜੀ ਆਰੰਭ ਕਰਵਾ ਦਿੱਤੀ। . 22 ਸ੍ਰੀ ਅਖੰਡ ਪਾਠਾਂ ਦੇ ਭੋਗ ਪੈ ਚੁੱਕੇ ਸਨ ਅਤੇ 23ਵਾਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਸੀ। ਮਾਝ ਰਾਗ ਚੱਲ ਰਿਹਾ ਸੀ। 22 ਮਈ, 1964 ਮੰਗਲਵਾਰ ਵਾਲੇ ਦਿਨ ਭਾਰੀ ਹਥਿਆਰਬੰਦ ਪੁਲਿਸ ਫੋਰਸ ਲੈ ਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਘੇਰਾ ਪਾ ਲਿਆ ਅਤੇ ਸਿੰਘਾਂ ਨੂੰ ਬਾਹਰ ਆਉਣ ਦੀ ਚਿਤਾਵਨੀ ਦਿੱਤੀ। ਪੁਲਿਸ ਵੱਲੋਂ ਅੰਨ੍ਹੇਵਾਹ ਚਲਾਈ ਗਈ ਗੋਲੀ ਕਾਰਨ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ 11 ਨਿਹੰਗ ਸਿੰਘ ਸ਼ਹੀਦ ਹੋ ਗਏ, ਜਿਨ੍ਹਾਂ ਦੇ ਨਾਂਅ ਸਨ-ਬਾਬਾ ਪ੍ਰੀਤਮ ਸਿੰਘ, ਬਾਬਾ ਮੰਗਲ ਸਿੰਘ, ਬਾਬਾ ਹਰਭਜਨ ਸਿੰਘ, ਬਾਬਾ ਦਲੀਪ ਸਿੰਘ, ਬਾਬਾ ਉਦੈ ਸਿੰਘ, ਬਾਬਾ ਸੰਤੋਖ ਸਿੰਘ, ਬਾਬਾ ਲਾਲ ਸਿੰਘ, ਬਾਬਾ ਧੰਨਾ ਸਿੰਘ, ਬਾਬਾ ਸੂਬੇਦਾਰ ਸਿੰਘ, ਬਾਬਾ ਨਾਮਧਾਰੀਆ ਸਿੰਘ ਅਤੇ ਬਾਬਾ ਯਾਤਰੂ ਸਿੰਘ। . ਜਥੇਦਾਰ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ (ਮੌਜੂਦਾ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ) ਜੋ ਕਿ ਉਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਚੌਰ ਕਰਨ ਦੀ ਸੇਵਾ ਨਿਭਾਅ ਰਹੇ ਸਨ ਅਤੇ ਤਿੰਨ ਗੋਲੀਆਂ ਲੱਗਣ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ I
ਨਿਹੰਗ ਸਿੰਘਾਂ ਵੱਲੋਂ ਆਪਣਾ ਖੂਨ ਡੋਲ੍ਹ ਕੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਪਤਿਤ ਮਹੰਤਾਂ ਤੋਂ ਆਜ਼ਾਦ ਕਰਵਾਇਆ।