Shaheedi Day of Sahibzada Baba Ajit Singh and Jujhar Singh at Chamakur Sahib
ਦਸਮੇਸ਼ ਪਿਤਾ ਵੱਡੇ ਸਾਹਿਬਜ਼ਾਦਿਆਂ ਅਤੇ ਗਿਣਤੀ ਦੇ ਸਿੰਘਾਂ ਸਮੇਤ ਚਮਕੌਰ ਦੀ ਗੜੀ ਵਿਖੇ ਪੁੱਜੇ। ਸ਼ਾਹੀ ਫੌਜਾਂ ਵੀ ਮਗਰ-ਮਗਰ ਚਮਕੌਰ ਸਾਹਿਬ ਪੁੱਜ ਗਈਆਂ ਤੇ ਗੜ੍ਹੀ ਨੂੰ ਘੇਰ ਲਿਆ। ਸੰਸਾਰ ਦੀ ਪਹਿਲੀ ਅਸਾਵੀਂ ਤੇ ਬੇਜੋੜ ਜੰਗ ਦੀ ਤਿਆਰੀ ਹੋਣ ਲੱਗੀ। ਕੱਚੀ ਗੜ੍ਹੀ ਵਿੱਚ ਸੂਰਮਤਾਈ ਨਾਲ ਚਾਲੀ ਭੁੱਖਣ-ਭਾਣੇ ਸਿੰਘਾਂ ਨੇ 10 ਲੱਖ ਦੀ ਸੈਨਾ ਦਾ ਟਾਕਰਾ ਕੀਤਾ। ਜੰਗ ਆਰੰਭ ਹੋਈ, 5-5 ਸਿੰਘ ਜਥੇ ਦੇ ਰੂਪ ਵਿੱਚ ਗੜ੍ਹੀ ਤੋਂ ਬਾਹਰ ਨਿਕਲ ਕੇ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਰਹੇ ਸਨ I
ਰਾਤ ਪੈਣ ‘ਤੇ ਲੜਾਈ ਬੰਦ ਹੋ ਗਈ। ਉਸ ਸਮੇਂ ਗੜ੍ਹੀ ਵਿਚ ਗੁਰੂ ਸਾਹਿਬ ਸਮੇਤ ਕੇਵਲ 11 ਸਿੰਘ ਬਾਕੀ ਰਹਿ ਗਏ ਸਨ ਇਨ੍ਹਾਂ ਸਿੰਘਾਂ ਨੇ ਆਪਣੇ ਵਿਚੋਂ ਹੀ ਭਾਈ ਦਇਆ ਸਿੰਘ ਦੀ ਅਗਵਾਈ ਵਿਚ ਪੰਜ ਪਿਆਰੇ ਚੁਣ ਲਏ ਅਤੇ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਇਨ੍ਹਾਂ ਪੰਜ ਪਿਆਰਿਆਂ ਨੇ ਗੁਰੂ ਸਾਹਿਬ ਨੂੰ ਉਸੇ ਵੇਲੇ ਗੜ੍ਹੀ ਵਿਚੋਂ ਬਚ ਕੇ ਨਿਕਲ ਜਾਣ ਲਈ ਹੁਕਮਨੁਮਾ ਬੇਨਤੀ ਕੀਤੀ। ਗੁਰੂ ਸਾਹਿਬ ਨੇ ਇਸ ਬੇਨਤੀ ਨੂੰ ਖਾਲਸੇ ਦਾ ਹੁਕਮ ਮੰਨ ਕੇ ਪ੍ਰਵਾਨ ਕਰ ਲਿਆ ਅਤੇ ਆਪਣੇ ਅਸਤਰ, ਸ਼ਸਤਰ ਤੇ ਵਸਤਰ ਉਤਾਰ ਕੇ ਬਾਬਾ ਸੰਗਤ ਸਿੰਘ ਨੂੰ ਪਹਿਨਾ ਦਿੱਤੇ ਅਤੇ ਆਪਣੀ ਹੀਰਿਆਂ ਜੜੀ ਕਲਗੀ ਉਤਾਰ ਕੇ ਉਸ ਦੇ ਸਿਰ ‘ਤੇ ਸਜਾ ਦਿੱਤੀ ਇਹ ਫੈਸਲਾ ਲਿਆ ਗਿਆ ਕਿ ਤਿੰਨ ਸਿੰਘ-ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਅਤੇ ਭਾਈ ਮਾਨ ਸਿੰਘ-ਗੁਰੂ ਸਾਹਿਬ ਦਾ ਸਾਥ ਦੇਣਗੇ ਅਤੇ ਬਾਕੀ ਸਿੰਘ ਬਾਬਾ ਸੰਗਤ ਸਿੰਘ ਸੰਗ ਗੜ੍ਹੀ ਵਿਚ ਹੀ ਟਿਕੇ ਰਹਿਣਗੇ। ਗੁਰੂ ਸਾਹਿਬ ਅਤੇ ਤਿੰਨੋਂ ਸਿੰਘ ਇਕ-ਇਕ ਕਰਕੇ ਗੜ੍ਹੀ ਤੋਂ ਬਾਹਰ ਨਿਕਲ ਗਏ ਅਤੇ ਵੱਖਰੇ-ਵੱਖਰੇ ਰਾਹ ਪੈ ਗਏ।
ਉਧਰ ਦੂਜੇ ਪਾਸੇ ਚਮਕੌਰ ਦੀ ਗੜੀ ਅਗਲੀ ਸਵੇਰ ਦਿਨ ਚੜਦੇ ਨੂੰ ਮੁਗ਼ਲਾਂ ਨੇ ਗੜ੍ਹੀ ਵੱਲ ਨਜ਼ਰ ਮਾਰੀ, ਉਨ੍ਹਾਂ ਨੂੰ ਮਮਟੀ ’ਤੇ ਬੈਠੇ ਭਾਈ ਸੰਗਤ ਸਿੰਘ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਿਖਾਈ ਦੇ ਰਹੇ ਸਨ । ਤੇ ਮੁਗ਼ਲ ਬੜੇ ਹੀ ਖੁਸ਼ ਹੋਏ ਕਿ ਗੜ੍ਹੀ ਵਿਚ ਪੰਜ-ਸੱਤ ਸਿੰਘ ਹਨ, ਇਕ ਹੱਲੇ ਨਾਲ ਹੀ ਗੜ੍ਹੀ ਸਰ ਕਰ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜਿਊਂਦਿਆਂ ਹੀ ਫੜ ਲਿਆ ਜਾਵੇਗਾ। ਇਹ ਸੋਚ ਕੇ ਮੁਗ਼ਲਾਂ ਨੇ ਗੜ੍ਹੀ ’ਤੇ ਹਮਲਾ ਕਰ ਦਿੱਤਾ। ਮੁੱਠੀ-ਭਰ ਸਿੰਘਾਂ ਨੇ ਡੱਟ ਕੇ ਮੁਕਾਬਲਾ ਕੀਤਾ, ਜਿੰਨਾ ਚਿਰ ਉਨ੍ਹਾਂ ਪਾਸ ਗੋਲੀ-ਸਿੱਕੇ ਦਾ ਭੰਡਾਰ ਰਿਹਾ ਦੁਸ਼ਮਣ ਨੂੰ ਲਾਗੇ ਨਹੀਂ ਢੁਕਣ ਦਿੱਤਾ। ਜਦੋਂ ਤੀਰ ਤੇ ਗੋਲੀ-ਸਿੱਕਾ ਮੁੱਕ ਗਿਆ ਤਾਂ ਲੜਾਈ ਹੱਥੋ-ਹੱਥੀ ਹੋ ਗਈ। ਇਕ-ਇਕ ਕਰ ਕੇ ਸਾਰੇ ਸਿੰਘ ਜਾਮ-ਏ-ਸ਼ਹਾਦਤ ਪੀ ਗਏ। ਬਾਬਾ ਸੰਗਤ ਸਿੰਘ ਜੀ ਚਾਰੇ ਪਾਸੇ ਤੋਂ ਦੁਸ਼ਮਣਾ ਵਿਚ ਘਿਰੇ ਹੋਏ ਵੈਰੀਆਂ ਦੇ ਆਹੂ ਲਾਹੁੰਦੇ ਰਹੇ। ਕਈ ਘੰਟੇ ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ।
ਬੀਬੀ ਹਰਸ਼ਰਨ ਕੌਰ ਰਾਤ ਦੇ ਹਨੇਰੇ ਵਿਚ ਪੋਲੇ ਪੈਰੀਂ ਯੁੱਧ ਦੇ ਮੈਦਾਨ ਵਿਚ ਪਹੁੰਚੀ। ਮੁਗ਼ਲ ਫ਼ੌਜ ਯੁੱਧ ਤੋਂ ਥੱਕ ਹਾਰ ਕੇ ਤੰਬੂਆਂ ਵਿਚ ਸੌਂ ਰਹੀ ਸੀ। ਬੀਬੀ ਨੇ ਪਛਾਣ ਕੇ ਸਾਹਿਬਜ਼ਾਦਿਆਂ ਅਤੇ ਸ਼ਹੀਦ ਸਿੰਘਾਂ ਦੇ ਸਰੀਰ ਇਕੱਠੇ ਕੀਤੇ। ਆਸ-ਪਾਸ ਤੋਂ ਜਿੰਨੀਆਂ ਵੀ ਲੱਕੜਾਂ ਇਕੱਠੀਆਂ ਕਰ ਸਕੀ ਕਰਕੇ ਇੱਕ ਥਾਂ ਢੇਰ ਲਾ ਲਿਆ। ਲੱਕੜਾਂ ਦੇ ਢੇਰ ‘ਤੇ ਸ਼ਹੀਦਾਂ ਦੇ ਸਰੀਰ ਚਿਣ ਕੇ ਅੱਗ ਲਾ ਦਿੱਤੀ। ਅੱਗ ਦੇ ਮੱਚਦੇ ਭਾਂਬੜ ਦੇਖ ਕੇ ਮੁਗ਼ਲ ਫ਼ੌਜੀ ਹੈਰਾਨੀ ਵਿਚ ਉਠ ਖੜ੍ਹੇ ਹੋਏ। ਅੱਗ ਦੀਆਂ ਲਾਟਾਂ ਦੇ ਚਾਨਣ ਵਿਚ ਉਨ੍ਹਾਂ ਨੇ ਦੇਖਿਆ ਕਿ ਬਲ ਰਹੀ ਅੱਗ ਦੇ ਨੇੜੇ ਇੱਕ ਇਸਤਰੀ ਹੱਥ ਵਿਚ ਬਰਛਾ ਲਈ ਖੜੀ ਸੀ ਜਿਸ ਨੂੰ ਦੇਖ ਕੇ ਉਹ ਹੈਰਾਨ ਰਹਿ ਗਏ। ਉਨ੍ਹਾਂ ਨੇ ਬੀਬੀ ਨੂੰ ਚੁੱਕ ਕੇ ਬਲਦੀ ਅੱਗ ਵਿਚ ਸੁੱਟ ਦਿੱਤਾ। ਇਸ ਤਰ੍ਹਾਂ ਬੀਬੀ ਹਰਸ਼ਰਨ ਕੌਰ ਨੇ ਸ਼ਹੀਦੀ ਪ੍ਰਾਪਤ ਕਰ ਲਈ ।