ਦਸੰਬਰ 1704 ਦਾ ਮਹੀਨਾ ਸੀ, ਕੜਾਕੇ ਦੀ ਠੰਢ ਪੈ ਰਹੀ ਸੀ। ਦੁਸ਼ਮਣ ਦੀ ਫੌਜ ਨੂੰ ਅਨੰਦਪੁਰ ਸਾਹਿਬ ਦਾ ਘੇਰਾ ਪਾਈ ਅੱਠ ਮਹੀਨੇ ਤੋਂ ਵੱਧ ਹੋ ਗਏ ਸਨ। ਖਾਲਸਾ ਫੌਜਾਂ ਬੜੇ ਧੀਰਜ ਨਾਲ ਦੁਸ਼ਮਣ ਦਾ ਮੁਕਾਬਲਾ ਕਰ ਰਹੀਆਂ ਸਨ। ਕਿਲੇ ਵਿਚੋਂ ਰਸਦ ਪਾਣੀ ਮੁੱਕਦਾ ਜਾ ਰਿਹਾ ਸੀ। ਇਹੋ ਜਿਹਾ ਸਮਾਂ ਆ ਗਿਆ ਕਿ ਚਾਰ ਸਿੱਖ ਕਿਲ੍ਹੇ ਵਿਚੋਂ ਨਿਕਲਦੇ ਤੇ ਕਿਸੇ ਇਕ ਪਾਸੇ ਦੁਸ਼ਮਣ ‘ਤੇ ਹਮਲਾ ਕਰਕੇ ਦੋ ਸਿੱਖ ਸ਼ਹੀਦ ਹੋ ਜਾਂਦੇ ਤੇ ਦੋ ਜਿੰਨਾ ਹੋ ਸਕੇ ਰਸਦ-ਪਾਣੀ ਲੁੱਟ ਕੇ ਕਿਲ੍ਹੇ ਅੰਦਰ ਲੈ ਆਉਂਦੇ। ਸਮਕਾਲੀ ਕਵੀ ਸੈਨਾਪਤੀ ਨੇ ‘ਗੁਰੂ ਸ਼ੋਭਾ’ ਵਿਚ ਲਿਖਿਆ ਹੈ-
‘ਚਾਰਿ ਸਿੱਖ ਪਾਨੀ ਕਉ ਜਾਵੈ।
ਦੋ ਜੂਝੈ ਦੋ ਪਾਨੀ ਲਿਆਵੈ।’
ਆਖ਼ਰ 20 ਦਸੰਬਰ 1704 ਈ. ਨੂੰ ਰਾਤ ਦੇ ਪਹਿਲੇ ਪਹਿਰ ਸੰਗਤਾਂ ਦੇ ਜ਼ੋਰ ਪਾਉਣ ’ਤੇ ਸ਼ਸਤਰ ਅਤੇ ਗੋਲੀ ਬਾਰੂਦ ਅਤੇ ਸਾਹਿਤ ਨੂੰ ਸੰਭਾਲ ਕੇ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅਨੰਦਪੁਰ ਸਾਹਿਬ ਨੂੰ ਛੱਡ ਦਿੱਤਾ। ਦੁਸ਼ਮਣ ਫੌਜ਼ਾਂ ਵੱਲੋਂ ਸਭ ਕਸਮਾਂ ਵਾਅਦੇ ਭੁਲਾ ਕੇ ਪਿਛੋਂ ਹਮਲਾ ਕਰ ਦਿੱਤਾ। ਸਾਹਿਬਜ਼ਾਦਾ ਅਜੀਤ ਸਿੰਘ ਅਤੇ ਉਦੈ ਸਿੰਘ ਆਦਿ ਯੋਧੇ ਆਉਂਦੀ ਫੌਜ ਨੂੰ ਰੋਕਣ ਲਈ ਡੱਟ ਗਏ ਤਾ ਕਿ ਗੁਰੂ ਸਾਹਿਬ ਅਤੇ ਪਰਿਵਾਰ ਸੰਗਤ ਸਮੇਤ ਸਰਸਾ ਪਾਰ ਕਰ ਜਾਣ ।
ਅਨੰਦਪੁਰ ਦਾ ਕਿਲ੍ਹਾ ਛੱਡਣ ਤੋਂ ਬਾਅਦ ਗੁਰੂ ਸਾਹਿਬ ਦਾ ਕਾਫਲਾ ਅਜੇ ਕੁਝ ਦੂਰ ਹੀ ਗਿਆ ਸੀ ਕਿ ਦੁਸ਼ਮਣ ਦੀ ਫੌਜ ਨੇ ਸਾਰੇ ਵਾਅਦੇ ਤੋੜ ਕੇ ਅੰਮ੍ਰਿਤ ਵੇਲੇ ਹਮਲਾ ਕਰ ਦਿੱਤਾ। ਦਸਮੇਸ਼ ਪਿਤਾ ਜੀ ਨੇ ਜਥਿਆਂ ਨੂੰ ਵੈਰੀ ਦਾ ਡਟ ਕੇ ਟਾਕਰਾ ਕਰਨ ਦਾ ਹੁਕਮ ਦਿੱਤਾ। ਜਦ ਤਕ ਵਹੀਰ ਸਰਸਾ ਪਾਰ ਨਹੀਂ ਕਰ ਜਾਂਦੀ ਤਦ ਤਕ ਵੈਰੀਆਂ ਦਾ ਟਾਕਰਾ ਕਰਦੇ ਰਹਿਣਾ। ਸਿਰਸਾ ਨਦੀ ਦੇ ਕੰਢੇ ਰਾਤ ਵੇਲੇ ਯੁੱਧ ਹੋਇਆ। ਮੀਂਹ ਪੈਣਾ ਸ਼ੁਰੂ ਹੋ ਗਿਆ। ਸਰਸਾ ਨਦੀ ਪੂਰੇ ਵੇਗ ਵਿਚ ਸੀ ਅਤੇ ਕਾਲੀ ਬੋਲੀ ਦਸੰਬਰ ਦੀ ਰਾਤ ਵੇਲੇ ਸਰਸਾ ਪਾਰ ਕਰਨ ਦੀ ਕੋਸ਼ਿਸ਼ ਵਿਚ ਕਈ ਸਿੰਘ ਪਾਣੀ ਦੇ ਤੇਜ ਬਹਾਵ ਵਿਚ ਰੁੜ੍ਹ ਗਏ। ਵਡਮੁੱਲਾ ਸਿੱਖ ਸਾਹਿਤ ਵੀ ਸਰਸਾ ਨਦੀ ਵਿੱਚ ਰੁੜ ਗਿਆ । ਪਰਿਵਾਰ ਵਿਚ ਵਿਛੋੜਾ ਪੈ ਗਿਆ।
ਗੁਰੂ ਜੀ ਅਤੇ ਦੋ ਵੱਡੇ ਸਾਹਿਬਜ਼ਾਦੇ ਕੋਈ 40 ਸਿੰਘਾਂ ਨਾਲ ਸਰਸਾ ਪਾਰ ਕਰ ਗਏ ਅਤੇ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ) ਗੁਰੂ ਜੀ ਤੋਂ ਵਿਛੜ ਗਏ ਅਤੇ ਅੱਗੇ ਜਾ ਕੇ ਗੰਗੂ ਨੂੰ ਮਿਲ ਪਏ ਅਤੇ ਉਸਦੇ ਨਾਲ ਉਸਦੇ ਘਰ ਚਲੇ ਗਏ । ਗੁਰੂ ਜੀ ਦੇ ਮਹਿਲ ਭਾਈ ਮਨੀ ਸਿੰਘ ਜੀ ਦੇ ਨਾਲ ਦਿੱਲੀ ਵੱਲ ਨੂੰ ਹੋ ਤੁਰੇ।
Shaheedi Day of Sahibzada Baba Ajit Singh and Jujhar Singh at Chamakur Sahib
ਦਸਮੇਸ਼ ਪਿਤਾ ਵੱਡੇ ਸਾਹਿਬਜ਼ਾਦਿਆਂ ਅਤੇ ਗਿਣਤੀ ਦੇ ਸਿੰਘਾਂ ਸਮੇਤ ਚਮਕੌਰ ਦੀ ਗੜੀ ਵਿਖੇ ਪੁੱਜੇ। ਸ਼ਾਹੀ ਫੌਜਾਂ ਵੀ ਮਗਰ-ਮਗਰ ਚਮਕੌਰ ਸਾਹਿਬ ਪੁੱਜ ਗਈਆਂ ਤੇ ਗੜ੍ਹੀ ਨੂੰ ਘੇਰ ਲਿਆ। ਸੰਸਾਰ ਦੀ ਪਹਿਲੀ ਅਸਾਵੀਂ ਤੇ ਬੇਜੋੜ ਜੰਗ ਦੀ ਤਿਆਰੀ ਹੋਣ ਲੱਗੀ। ਕੱਚੀ ਗੜ੍ਹੀ ਵਿੱਚ ਸੂਰਮਤਾਈ ਨਾਲ ਚਾਲੀ ਭੁੱਖਣ-ਭਾਣੇ ਸਿੰਘਾਂ ਨੇ 10 ਲੱਖ ਦੀ ਸੈਨਾ ਦਾ ਟਾਕਰਾ ਕੀਤਾ। ਜੰਗ ਆਰੰਭ ਹੋਈ, 5-5 ਸਿੰਘ ਜਥੇ ਦੇ ਰੂਪ ਵਿੱਚ ਗੜ੍ਹੀ ਤੋਂ ਬਾਹਰ ਨਿਕਲ ਕੇ ਦੁਸ਼ਮਣ ਦਾ ਮੁਕਾਬਲਾ ਕਰਦੇ ਹੋਏ ਸ਼ਹੀਦੀਆਂ ਪ੍ਰਾਪਤ ਕਰ ਰਹੇ ਸਨ I
ਰਾਤ ਪੈਣ ‘ਤੇ ਲੜਾਈ ਬੰਦ ਹੋ ਗਈ। ਉਸ ਸਮੇਂ ਗੜ੍ਹੀ ਵਿਚ ਗੁਰੂ ਸਾਹਿਬ ਸਮੇਤ ਕੇਵਲ 11 ਸਿੰਘ ਬਾਕੀ ਰਹਿ ਗਏ ਸਨ ਇਨ੍ਹਾਂ ਸਿੰਘਾਂ ਨੇ ਆਪਣੇ ਵਿਚੋਂ ਹੀ ਭਾਈ ਦਇਆ ਸਿੰਘ ਦੀ ਅਗਵਾਈ ਵਿਚ ਪੰਜ ਪਿਆਰੇ ਚੁਣ ਲਏ ਅਤੇ ਸਮੇਂ ਦੀ ਨਜ਼ਾਕਤ ਨੂੰ ਦੇਖਦਿਆਂ ਇਨ੍ਹਾਂ ਪੰਜ ਪਿਆਰਿਆਂ ਨੇ ਗੁਰੂ ਸਾਹਿਬ ਨੂੰ ਉਸੇ ਵੇਲੇ ਗੜ੍ਹੀ ਵਿਚੋਂ ਬਚ ਕੇ ਨਿਕਲ ਜਾਣ ਲਈ ਹੁਕਮਨੁਮਾ ਬੇਨਤੀ ਕੀਤੀ। ਗੁਰੂ ਸਾਹਿਬ ਨੇ ਇਸ ਬੇਨਤੀ ਨੂੰ ਖਾਲਸੇ ਦਾ ਹੁਕਮ ਮੰਨ ਕੇ ਪ੍ਰਵਾਨ ਕਰ ਲਿਆ ਅਤੇ ਆਪਣੇ ਅਸਤਰ, ਸ਼ਸਤਰ ਤੇ ਵਸਤਰ ਉਤਾਰ ਕੇ ਬਾਬਾ ਸੰਗਤ ਸਿੰਘ ਨੂੰ ਪਹਿਨਾ ਦਿੱਤੇ ਅਤੇ ਆਪਣੀ ਹੀਰਿਆਂ ਜੜੀ ਕਲਗੀ ਉਤਾਰ ਕੇ ਉਸ ਦੇ ਸਿਰ ‘ਤੇ ਸਜਾ ਦਿੱਤੀ ਇਹ ਫੈਸਲਾ ਲਿਆ ਗਿਆ ਕਿ ਤਿੰਨ ਸਿੰਘ-ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਅਤੇ ਭਾਈ ਮਾਨ ਸਿੰਘ-ਗੁਰੂ ਸਾਹਿਬ ਦਾ ਸਾਥ ਦੇਣਗੇ ਅਤੇ ਬਾਕੀ ਸਿੰਘ ਬਾਬਾ ਸੰਗਤ ਸਿੰਘ ਸੰਗ ਗੜ੍ਹੀ ਵਿਚ ਹੀ ਟਿਕੇ ਰਹਿਣਗੇ। ਗੁਰੂ ਸਾਹਿਬ ਅਤੇ ਤਿੰਨੋਂ ਸਿੰਘ ਇਕ-ਇਕ ਕਰਕੇ ਗੜ੍ਹੀ ਤੋਂ ਬਾਹਰ ਨਿਕਲ ਗਏ ਅਤੇ ਵੱਖਰੇ-ਵੱਖਰੇ ਰਾਹ ਪੈ ਗਏ।
ਉਧਰ ਦੂਜੇ ਪਾਸੇ ਚਮਕੌਰ ਦੀ ਗੜੀ ਅਗਲੀ ਸਵੇਰ ਦਿਨ ਚੜਦੇ ਨੂੰ ਮੁਗ਼ਲਾਂ ਨੇ ਗੜ੍ਹੀ ਵੱਲ ਨਜ਼ਰ ਮਾਰੀ, ਉਨ੍ਹਾਂ ਨੂੰ ਮਮਟੀ ’ਤੇ ਬੈਠੇ ਭਾਈ ਸੰਗਤ ਸਿੰਘ ਜੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਿਖਾਈ ਦੇ ਰਹੇ ਸਨ । ਤੇ ਮੁਗ਼ਲ ਬੜੇ ਹੀ ਖੁਸ਼ ਹੋਏ ਕਿ ਗੜ੍ਹੀ ਵਿਚ ਪੰਜ-ਸੱਤ ਸਿੰਘ ਹਨ, ਇਕ ਹੱਲੇ ਨਾਲ ਹੀ ਗੜ੍ਹੀ ਸਰ ਕਰ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਜਿਊਂਦਿਆਂ ਹੀ ਫੜ ਲਿਆ ਜਾਵੇਗਾ। ਇਹ ਸੋਚ ਕੇ ਮੁਗ਼ਲਾਂ ਨੇ ਗੜ੍ਹੀ ’ਤੇ ਹਮਲਾ ਕਰ ਦਿੱਤਾ। ਮੁੱਠੀ-ਭਰ ਸਿੰਘਾਂ ਨੇ ਡੱਟ ਕੇ ਮੁਕਾਬਲਾ ਕੀਤਾ, ਜਿੰਨਾ ਚਿਰ ਉਨ੍ਹਾਂ ਪਾਸ ਗੋਲੀ-ਸਿੱਕੇ ਦਾ ਭੰਡਾਰ ਰਿਹਾ ਦੁਸ਼ਮਣ ਨੂੰ ਲਾਗੇ ਨਹੀਂ ਢੁਕਣ ਦਿੱਤਾ। ਜਦੋਂ ਤੀਰ ਤੇ ਗੋਲੀ-ਸਿੱਕਾ ਮੁੱਕ ਗਿਆ ਤਾਂ ਲੜਾਈ ਹੱਥੋ-ਹੱਥੀ ਹੋ ਗਈ। ਇਕ-ਇਕ ਕਰ ਕੇ ਸਾਰੇ ਸਿੰਘ ਜਾਮ-ਏ-ਸ਼ਹਾਦਤ ਪੀ ਗਏ। ਬਾਬਾ ਸੰਗਤ ਸਿੰਘ ਜੀ ਚਾਰੇ ਪਾਸੇ ਤੋਂ ਦੁਸ਼ਮਣਾ ਵਿਚ ਘਿਰੇ ਹੋਏ ਵੈਰੀਆਂ ਦੇ ਆਹੂ ਲਾਹੁੰਦੇ ਰਹੇ। ਕਈ ਘੰਟੇ ਦੁਸ਼ਮਣਾਂ ਦਾ ਮੁਕਾਬਲਾ ਕਰਦੇ ਹੋਏ ਸ਼ਹੀਦ ਹੋ ਗਏ।