ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਗਰੇਜ਼ ਸਰਕਾਰ ਤੋਂ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਨਾਲ ਸੰਬੰਧਤ ਤੋਸ਼ਾਖਾਨਾ ਆਦਿ ਦੀਆਂ ਚਾਬੀਆਂ ਲੈਣ ਲਈ ਕੀਤੇ ਗਏ ਸੰਘਰਸ਼ ਨੂੰ ਚਾਬੀਆਂ ਦਾ ਮੋਰਚਾ ਕਿਹਾ ਜਾਂਦਾ ਹੈ। ਭਾਵੇਂ 20 ਅਪ੍ਰੈਲ, 1921 ਈ. ਨੂੰ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦਾ ਪ੍ਰਬੰਧ ਸਿੱਖਾਂ ਦੇ ਹਵਾਲੇ ਕਰ ਦਿੱਤਾ ਸੀ ਪਰੰਤੂ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਮੰਨਣ ਤੋਂ ਇਨਕਾਰ ਕਰਦੇ ਹੋਏ ਚਾਬੀਆਂ ਦੇਣ ਤੋਂ ਇਨਕਾਰ ਕਰ ਦਿੱਤਾ। ਫਿਰ ਮੋਰਚਾ ਲਾਇਆ ਗਇਆ, ਜਿਸ ਵਿੱਚ 193 ਸਿੰਘਾਂ ਨੂੰ ਗ੍ਰਿਫਤਾਰ ਕੀਤਾ ਗਿਆ ।
19 ਜਨਵਰੀ, 1922 ਈ: ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਭਾਰੀ ਦੀਵਾਨ ਸਜਿਆ। ਸਰਕਾਰ ਨੇ ਆਪਣੇ ਪ੍ਰਤੀਨਿਧ ਭੇਜ ਕੇ ਤੋਸ਼ੇਖਾਨੇ ਦੀਆਂ ਚਾਬੀਆਂ ਬਾਬਾ ਖੜਕ ਸਿੰਘ ਜੀ ਨੂੰ ਸੌਂਪ ਦਿੱਤੀਆਂ।